Saturday, 29 April 2017

ਜਲੂਰ ਕਾਂਡ: ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨਾਂ-ਮਜ਼ਦੂਰਾਂ ਵੱਲੋਂ ਧਰਨਾ ਖ਼ਤਮ

ਜਲੂਰ ਕਾਂਡ: ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨਾਂ-ਮਜ਼ਦੂਰਾਂ ਵੱਲੋਂ ਧਰਨਾ ਖ਼ਤਮ
ਸੰਗਰੂਰ, 29 ਮਾਰਚ- ਜਲੂਰ ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਪ੍ਰਸ਼ਾਸਨ ਵੱਲੋਂ ਦਸ ਦਿਨਾਂ ਅੰਦਰ ਜਲੂਰ ਕਾਂਡ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੇ ਦਿੱਤੇ ਭਰੋਸੇ ਮਗਰੋਂ ਅੱਜ ਤੀਜੇ ਦਿਨ ਧਰਨਾ ਖਤਮ ਕਰ ਦਿੱਤਾ ਹੈ। ਪ੍ਰਦਰਸ਼ਕਾਰੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਿਸ਼ਚਿਤ ਸਮੇਂ ਵਿੱਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਈ ਤਾਂ 6 ਅਪਰੈਲ ਨੂੰ ਮੁੜ ਡੀਸੀ ਕੰਪਲੈਕਸ ਦਾ ਅਣਮਿੱਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ। ਡੀਸੀ ਕੰਪਲੈਕਸ ਅੱਗੇ ਕਿਸਾਨ-ਮਜ਼ਦੂਰਾਂ ਦੇ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਪ੍ਰਿਥੀ ਲੌਂਗੋਵਾਲ, ਬਲਵਿੰਦਰ ਜਲੂਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ, ਲਛਮਣ ਸੇਵੇਵਾਲਾ, ਹਰਭਗਵਾਨ ਮੂਨਕ, ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਤਰਸੇਮ ਪੀਟਰ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਭਾਰਤੀ ਕਿਸਾਨ ਯੂਨੀਅਨ ਦੇ ਸੁਰਮੁਖ ਸਿੰਘ ਸੇਲਬਰਾਹ ਤੇ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਬਹਾਲ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪ੍ਰਸ਼ਾਸਨ ਨੇ ਜਲੂਰ ਕਾਂਡ ਵਿੱਚ ਲੋੜੀਂਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ 10 ਦਿਨ ਦਾ ਸਮਾਂ ਲਿਆ ਹੈ, ਜਦੋਂਕਿ ਪਹਿਲਾਂ ਵੀ ਨਵੰਬਰ ਵਿੱਚ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਸੀ ਕਿ ਮੁਲਜ਼ਮਾਂ ਨੂੰ ਇੱਕ ਹਫ਼ਤੇ ਅੰਦਰ ਕਤਲ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਆਪਣੇ ਵਾਅਦੇ 'ਤੇ ਖਰਾ ਨਾ ਉਤਰਿਆ ਤਾਂ 6 ਅਪਰੈਲ ਨੂੰ ਮੁੜ ਪੰਜਾਬ ਭਰ ਦੇ ਹਜ਼ਾਰਾਂ-ਕਿਸਾਨ ਮਜ਼ਦੂਰ ਡੀਸੀ ਕੰਪਲੈਕਸ ਦਾ ਘਿਰਾਓ ਕਰਨਗੇ ਅਤੇ ਮੰਗਾਂ ਮੰਨਵਾ ਕੇ  ਹੀ ਉਠਣਗੇ।
ਕਿਸਾਨ ਜਥੇਬੰਦੀਆਂ ਵੱਲੋਂ ਅੰਦੋਲਨ ਮੁਲਤਵੀ : ਮੋਗਾ, 4 ਅਪਰੈਲ- ਕਿਸਾਨ-ਮਜ਼ਦੂਰ ਮੁੱਦਿਆ ਉੱਤੇ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਨੇ 7 ਅਪਰੈਲ ਨੂੰ ਜ਼ਿਲ੍ਹਾ ਪੱਧਰ ਉੱਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇਣ ਦਾ ਪ੍ਰੋਗਰਾਮ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਵਿੱਚ ਰਾਜ ਸਰਕਾਰ ਨੂੰ ਸੰਘਰਸ਼ ਦੀ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਕਣਕ, ਕਰਜ਼ੇ ਤੇ ਰੁਜ਼ਗਾਰ ਮੁੱਦਿਆਂ ਦੇ ਕੀਤੇ ਐਲਾਨ ਨੂੰ ਪੂਰਾ ਕਰੇ। ਸ੍ਰੀ ਕੋਕਰੀ ਨੇ ਦੱਸਿਆ ਕਿ ਕਣਕ ਦੀ ਵਾਢੀ ਨੂੰ ਮੁੱਖ ਰਖਦਿਆਂ 7 ਅਪਰੈਲ ਨੂੰ ਧਰਨਾ ਦੇਣ ਦਾ ਪ੍ਰੋਗਰਾਮ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸਰਕਾਰ ਨੂੰ ਇਹ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਕਣਕ ਦੀ ਖ਼ਰੀਦ ਨਿਰਵਿਘਨ ਕਰਵਾਉਣ ਤੋਂ ਇਲਾਵਾ ਜੇ ਦੋ ਮਹੀਨਿਆਂ ਵਿੱਚ ਕਿਸਾਨਾਂ  ਦੇ ਕਰਜ਼ੇ ਖ਼ਤਮ ਕਰਨ ਅਤੇ ਸਮੂਹ ਕਿਸਾਨ ਪਰਿਵਾਰਾਂ ਦੇ ਇੱਕ ਜੀਅ ਨੂੰ ਪੱਕਾ ਰੁਜ਼ਗਾਰ ਦੇਣ ਦੇ ਵਾਅਦੇ ਤੋਂ ਟਾਲਾ ਵੱਟਿਆ ਗਿਆ ਤਾਂ ਕਿਸਾਨ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ। ਇਸ ਮੌਕੇ ਇਹ ਵੀ ਮਤਾ ਪਾਸ ਕੀਤਾ ਗਿਆ ਕਿ ਜੰਤਰ ਮੰਤਰ, ਦਿੱਲੀ ਵਿਖੇ ਲਗਾਤਾਰ ਧਰਨਾ ਦੇ ਰਹੇ ਤਾਮਿਲਨਾਡੂ ਦੇ ਪੀੜਤ ਕਿਸਾਨਾਂ  ਦੇ ਸੰਘਰਸ਼ ਦੀ ਹਮਾਇਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਸੰਘਰਸ਼ ਕਮੇਟੀ ਦੇ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂ, ਹਰਜੀਤ ਸਿੰਘ ਗੰਡੀਵਿੰਡ, ਨਿਰਭੈ ਸਿੰਘ ਢੁੱਡੀਕੇ, ਬਲਦੇਵ ਸਿੰਘ ਭਾਈ ਰੂਪਾ, ਬੂਟਾ ਸਿੰਘ ਬੁਰਜਗਿੱਲ, ਦਾਤਾਰ ਸਿੰਘ ਆਦਿ ਸ਼ਾਮਲ ਹੋਏ ਸਨ।

No comments:

Post a Comment